
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੰਜਾਬ ਭਰ ਅੰਦਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਨੇ। ਗੱਲ ਜੇਕਰ ਲੁਧਿਆਣਾ ਅਧੀਨ ਆਉਂਦੇ ਖੰਨਾ ਦੀ ਕੀਤੀ ਜਾਵੇ ਤਾਂ ਇੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਪੁਲਿਸ ਜਿਲ੍ਹਾ ਖੰਨਾ ਅਧੀਨ ਆਉਂਦੇ ਪਿੰਡਾਂ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਇਸ ਮਕਸਦ ਲਈ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਹਿਯੋਗ ਲਿਆ ਜਾ ਰਿਹਾ ਐ। ਇਸੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਇਕ ਸੈਮੀਨਾਰ ਕਰਵਾ ਕੇ ਪੰਚਾਇਤਾਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਾਈ ਚ ਪੂਰਨ ਸਹਿਯੋਗ ਲਈ ਪ੍ਰੇਰਿਤ ਕੀਤਾ ਗਿਆ। ਸਮਰਾਲਾ ਦੇ ਖੰਨਾ ਰੋਡ ਦੇ ਇਕ ਨਿੱਜੀ ਪੈਲੇਸ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਪੇਂਡੂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ ਲੜਾਈ ਵਿਚ ਸਰਕਾਰ ਦੇ ਪੁਲਿਸ ਦਾ ਸਹਿਯੋਗ ਦੇਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਜਗਦਲੇ ਨਿਲੰਬਰੀ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਲੈਣ ਲਈ ਅਜਿਹੇ ਸਮਾਗਮ ਕਰਵਾਏ ਜਾ ਰਹੇ ਨੇ, ਜਿਸ ਦੇ ਸਾਰਥਿਕ ਸਿੱਟੇ ਨਿਕਲਣ ਦੀ ਉਮੀਦ ਐ। ਉਧਰ ਪਿੰਡਾਂ ਦੇ ਸਰਪੰਚਾਂ ਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਐ।
