

ਪੰਜਾਬ ‘ਚ ਪਿਛਲੇ ਕਈ ਸਾਲਾਂ ਤੋਂ ਵੱਡੀਆਂ ਅਪਰਾਧਕ ਗਤੀਵੀਧੀਆਂ ਦਾ ਮਾਸਟਰਮਾਈਂਡ ਆਖਰਕਾਰ ਪੁਲਿਸ ਦੇ ਹੱਥੀਂ ਚੜ੍ਹ ਗਿਆ ਹੈ। ਦੱਸ ਦਈਏ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੇ ਹੈਪੀ ਪਾਸੀਆ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗੈਨਗਸਟਰ ਹੈਪੀ ਪਾਸੀਆ ਪੰਜਾਬ ਵਿੱਚ 14 ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚਣ ਦੇ ਮਾਮਲੇ ਦਾ ਮਾਸਟਰਮਾਈਂਡ ਹੈ ਅਤੇ ਲੰਮੇ ਸਮੇਂ ਤੋਂ ਅਮਰੀਕਾ ਵਿੱਚ ਰਹਿ ਰਿਹਾ ਸੀ। ਗੈਂਗਸਟਰ ਹੈਪੀ ਪਾਸੀਆ ਨੂੰ ਅਮਰੀਕਾ ਦੇ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਹਿਰਾਸਤ ਵਿੱਚ ਲਿਆ ਹੈ। ਇਸ ਗ੍ਰਿਫ਼ਤਾਰੀ ਨੂੰ ਕੌਮੀ ਜਾਂਚ ਏਜੰਸੀ ਵੱਲੋਂ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਜੋ ਲੰਬੇ ਸਮੇਂ ਤੋਂ ਪਾਸੀਆ ਦੀ ਭਾਲ ਕਰ ਰਹੀ ਸੀ। ਉਸ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਸੀ। ਹੈਪੀ ਪਾਸ਼ੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅੰਮ੍ਰਿਤਸਰ ਦੇ ਅਜਨਾਲਾ ਸਥਿਤ ਹੈਪੀ ਪਾਸ਼ੀਆਂ ਦੇ ਘਰ ਦੇ ਬਾਹਰ ਵੀ ਤਾਲਾ ਦੇਖਣ ਨੂੰ ਮਿਲਿਆ ਅਤੇ ਹੈਪੀ ਪਾਸ਼ੀਆਂ ਦੇ ਘਰ ਦੇ ਵਿੱਚ ਉਸਦੇ ਪਰਿਵਾਰਿਕ ਮੈਂਬਰ ਵੀ ਗਾਇਬ ਹਨ। ਦੱਸਣਯੋਗ ਹੈ ਕਿ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਦੀ ਅਮਰੀਕਾ ਦੀ ਏਜੰਸੀ ਐਫਬੀਆਈ ਨੇ ਆਪਣੀ ਇੱਕ ਪੋਸਟ ਰਾਹੀਂ ਪੁਸ਼ਟੀ ਵੀ ਕੀਤੀ ਹੈ। ਪੋਸਟ ਵਿੱਚ ਲਿਖਿਆ ਹੈ ਕਿ’ਅੱਜ ਪੰਜਾਬ, ਭਾਰਤ ਵਿੱਚ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਇੱਕ ਕਥਿਤ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਐਫਬੀਆਈ ਅਤੇ ਈਆਰਓ ਨੇ ਸੈਕਰਾਮੈਂਟੋ ਤੋਂ ਗ੍ਰਿਫਤਾਰ ਕਰ ਲਿਆ। ਦੋ ਅੰਤਰਰਾਸ਼ਟਰੀ ਅੱਤਵਾਦੀ ਸਮੂਹਾਂ ਨਾਲ ਜੁੜਿਆ ਹੋਇਆ, ਉਹ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਇਆ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਬਰਨਰ ਫੋਨਾਂ ਦੀ ਵਰਤੋਂ ਕਰ ਰਿਹਾ ਸੀ। ਖਬਰਾਂ ਮੁਤਾਬਕ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਐ।

