

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਨਾਨਕ ਨਾਮ ਲੇਵਾ ਸੰਗਤ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪਹੁੰਚੀ ਅਤੇ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈਆਂ ਸੰਗਤਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਨੂੰ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਆਪਣੇ ਆਪ ਨੂੰ ਸੁਭਾਗਿਆਸ਼ਾਲੀ ਸਮਝ ਰਹੇ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪ੍ਰਕਾਸ਼ ਪੁਰਬ ਤੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਮੰਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਹੈ ਉੱਥੇ ਨਾਲ ਹੀ ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਭਗਤ ਧੰਨਾ ਜੀ ਦਾ ਵੀ ਜਨਮ ਦਿਹਾੜਾ ਹੈ ਅਤੇ ਉਹਦੀ ਵੀ ਸਾਰੀ ਕੌਮ ਨੂੰ ਲੱਖ ਲੱਖ ਵਧਾਈ ਦਿੰਦਾ ਹਾਂ। ਉਧਰ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਸੰਗਤ ਦੀ ਆਮਦ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਥਾਂ ਥਾਂ ਠੰਡੇ ਜਲ ਦੀਆਂ ਛਬੀਲਾਂ ਲਾਉਣ ਤੋਂ ਇਲਾਵਾ ਸੰਗਤਾਂ ਲਈ ਛਾਂ ਦੇ ਵੀ ਪ੍ਰਬੰਧ ਕੀਤੇ ਹੋਏ ਸਨ।



